Breaking News

PUNJAB DAY MELA 27 AUG 2022 11AM TO 7PM

LISTEN LIVE RADIO

ਸੀਐਮ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਦਾ ਕੀਤਾ ਵਾਅਦਾ, ਆਜ਼ਾਦੀ ਦਿਹਾੜੇ ‘ਤੇ ਕਹੀਆਂ ਇਹ ਵੱਡੀਆਂ ਗੱਲਾਂ

ਲੁਧਿਆਣਾ :  ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ। ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਕੁਝ ਲੋਕ, ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਮਾਤ ਭੂਮੀ ਲਈ ਪਾਏ ਯੋਗਦਾਨ ਉਤੇ ਸਵਾਲ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਦੇਸ਼ ਨੂੰ ਬਰਤਾਨਵੀ ਸ਼ਾਸਨ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕਿਵੇਂ ਲੰਮੀ ਜਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਪਾਏ ਯੋਗਦਾਨ ਉਤੇ ਸਵਾਲ ਚੁੱਕਣਾ ਇਕ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਹੈ।

ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅੱਜ ਵੀ ਪੰਜਾਬੀ ਸਭ ਤੋਂ ਮੂਹਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਿਸੇ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਮਿਹਨਤ ਤੇ ਲਗਨ ਨਾਲ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਰਗੇ ਮਹਾਨ ਕੌਮੀ ਨਾਇਕਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸੂਬੇ ਵਿੱਚ ਆਈਆਂ ਕਈ ਸਰਕਾਰਾਂ ਤੋਂ ਲੋਕਾਂ ਨੂੰ ਬਹੁਤ ਵੱਡੀਆਂ ਆਸਾਂ ਸਨ ਪਰ ਭ੍ਰਿਸ਼ਟਾਚਾਰ, ਗੁਰਬਤ, ਬੇਰੋਜ਼ਗਾਰੀ ਕਾਰਨ ਲੋਕਾਂ ਦੀਆਂ ਉਮੀਦਾਂ ਧੁੰਦਲੀਆਂ ਪੈ ਗਈਆਂ ਤੇ ਇਨ੍ਹਾਂ ਵਿੱਚੋਂ ਕਈ ਬੁਰਾਈਆਂ ਅਜੇ ਵੀ ਸੂਬੇ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਆਮ ਆਦਮੀ ਸਰਕਾਰ ਦਾ ਸੱਤਾ ਵਿੱਚ ਆਉਣਾ ਪੰਜਾਬ ਦੇ ਲੋਕਾਂ ਲਈ ਠੰਢੀ ਹਵਾ ਦੇ ਝੋਕੇ ਵਰਗਾ ਹੈ ਕਿਉਂਕਿ ਇਹ ਸਰਕਾਰ ਨਾ ਸਿਰਫ਼ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਵਚਨਬੱਧ ਹੈ, ਸਗੋਂ ਸਾਡੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਵੀ ਅਹਿਦ ਲਿਆ ਹੈ।

ਸਾਰੇ ਪੰਜਾਬੀਆਂ ਨੂੰ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਅਤੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣ ਦੇ ਰੂਪ ਵਿੱਚ ਲੋਕਾਂ ਨੇ ਇਕ ਪੌਦਾ ਲਗਾਇਆ ਹੈ, ਜੋ ਹੁਣ ਫਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਰੋਜ਼ਾਨਾ ਪੰਜਾਬ ਵਿਕਾਸ ਤੇ ਤਰੱਕੀ ਦੀ ਰਾਹ ਉਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ ਅਤੇ ਰੰਗਲਾ ਪੰਜਾਬ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਅੱਜ ਦੇ ਇਤਿਹਾਸਕ ਮੌਕੇ ਉਤੇ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਵੱਲੋਂ ਪਿਆਰ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਦਿਖਾਏ ਰਾਹ ਉਤੇ ਚੱਲਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਸਾਡੇ ਆਜ਼ਾਦੀ ਸੰਗਰਾਮੀਏ ਅਤੇ ਕੌਮੀ ਨਾਇਕਾਂ ਦੇ ਸੁਪਨੇ ਪੂਰੇ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਅਸਥਿਰ ਕਰਨ ਦੀ ਤਾਕ ਵਿਚ ਕੁਝ ਫੁੱਟਪਾਊ ਤਾਕਤਾਂ ਦੇ ਘਿਨਾਉਣੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਤੇ ਤਰੱਕੀ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਧਰਤੀ ਬਹੁਤ ਜਰਖੇਜ਼ ਹੈ ਅਤੇ ਇਸ `ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਇੱਥੇ ਨਫ਼ਰਤ ਤੇ ਫਿਰਕਾਪ੍ਰਸਤੀ ਦੇ ਬੀਜ ਕਦੇ ਵੀ ਨਹੀਂ ਪੁੰਗਰ ਸਕਦੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਮੌਕਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੀਆਂ ਹਿੱਸੇਦਾਰ ਬਣ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਅਤੇ ਜੀਵਨ ਨੇ ਪੰਜਾਬੀਆਂ ਨੂੰ ਮਾਤ ਭੂਮੀ ਦੀ ਰਾਖੀ ਲਈ ਮਿਸਾਲੀ ਕੁਰਬਾਨੀਆਂ ਲਈ ਪ੍ਰੇਰਿਆ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਮਹਾਨ ਗੁਰੂਆਂ, ਸੰਤਾਂ ਤੇ ਪੀਰਾਂ ਦੇ ਦਰਸਾਏ ਮਾਰਗ `ਤੇ ਚੱਲ ਕੇ ਸੂਬੇ ਦੀ ਸੇਵਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਡਾ ਰਾਹ ਕੰਡਿਆਂ ਨਾਲ ਭਰਿਆ ਹੋਇਆ ਹੈ ਪਰ ਸੂਬਾ ਸਰਕਾਰ ਦੇ ਇਰਾਦੇ ਨੇਕ ਅਤੇ ਦ੍ਰਿੜ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ: ਬੀ.ਆਰ.ਅੰਬੇਦਕਰ ਦੇ ਆਦਰਸ਼ਾਂ `ਤੇ ਚੱਲਦਿਆਂ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫਤ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਲਈ ਮੀਲ ਪੱਥਰ ਸਾਬਤ ਹੋਣਗੇ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿੱਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫੀਸਦੀ ਹੋਵੇਗਾ।


Source link

About admin

Check Also

ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ

Punjab News: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ …

Leave a Reply

Your email address will not be published.

March 2023
M T W T F S S
 12345
6789101112
13141516171819
20212223242526
2728293031